ਯੂਟੀ ਪ੍ਰਸ਼ਾਸਨ ਨੂੰ ਕਾਨੂੰਨ ਮੁਤਾਬਕ ਬਣਦਾ ਮਿਹਨਤਾਨਾ ਦਿਵਾਉਣ ਦੇ ਹੁਕਮ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਕੈਂਪਸ ਸਥਿਤ ਅੰਕੁਰ ਸਕੂਲ ਦੇ ਚੌਥਾ ਦਰਜਾ (ਕਲਾਸ ਫੋਰ) ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਬੰਧੀ ਖ਼ੁਦ ਨੋਟਿਸ ਲੈਂਦਿਆਂ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ (ਸੁਓ ਮੋਟੂ ਪੀਆਈਐੱਲ) ਦਾ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਨੇ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਉਹ ਨਿੱਜੀ ਪ੍ਰਬੰਧ ਅਧੀਨ ਚੱਲ ਰਹੀਆਂ ਸੰਸਥਾਵਾਂ ਦੇ ਕਾਮਿਆਂ ਨੂੰ ਕਾਨੂੰਨ ਅਨੁਸਾਰ ਉਨ੍ਹਾਂ ਦਾ ਬਣਦਾ ਮਿਹਨਤਾਨਾ ਮਿਲਣਾ ਯਕੀਨੀ ਬਣਾਏ।
ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ 4 ਨਵੰਬਰ ਨੂੰ ਇਸ ਪਟੀਸ਼ਨ ਦਾ ਨਿਪਟਾਰਾ ਕੀਤਾ। ਸੁਣਵਾਈ ਦੌਰਾਨ ਯੂਟੀ ਪ੍ਰਸ਼ਾਸਨ ਵੱਲੋਂ ਪੇਸ਼ ਹੋਏ ਐਡਵੋਕੇਟ ਹਿਮਾਂਸ਼ੂ ਮਲਿਕ ਨੇ ਕਿਰਤ ਵਿਭਾਗ ਦੇ ਹੁਕਮਾਂ ਦੀ ਕਾਪੀ ਅਦਾਲਤ ਵਿੱਚ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਸਕੂਲ ਪ੍ਰਬੰਧਕਾਂ ਅਤੇ ਪੀੜਤ ਮੁਲਾਜ਼ਮਾਂ ਦੋਵਾਂ ਦਾ ਪੱਖ ਸੁਣਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਇਨ੍ਹਾਂ ਕਰਮਚਾਰੀਆਂ 'ਤੇ ਘੱਟੋ-ਘੱਟ ਉਜਰਤ ਦਰਾਂ (ਮਿਨੀਮਮ ਵੇਜ) ਲਾਗੂ ਹੁੰਦੀਆਂ ਹਨ, ਜਦਕਿ ਡੀਸੀ ਰੇਟਾਂ ਦੀ ਮੰਗ ਲਈ ਉਹ ਢੁਕਵੇਂ ਫੋਰਮ ਅੱਗੇ ਆਪਣਾ ਦਾਅਵਾ ਪੇਸ਼ ਕਰ ਸਕਦੇ ਹਨ। ਇਸ ਦੇ ਨਾਲ ਹੀ ਸਕੂਲ ਪ੍ਰਬੰਧਨ ਨੂੰ ਕਿਰਤ ਕਾਨੂੰਨਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਇਹ ਮਾਮਲਾ 'ਕੋਰਟ ਆਨ ਇਟਸ ਓਨ ਮੋਸ਼ਨ ਬਨਾਮ ਯੂਟੀ ਚੰਡੀਗੜ੍ਹ' ਵਜੋਂ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਇੱਕ ਸ਼ਿਕਾਇਤ ਪੱਤਰ ਦੇ ਆਧਾਰ 'ਤੇ ਸ਼ੁਰੂ ਹੋਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਸਰਕਾਰ ਵੱਲੋਂ ਨਿਰਧਾਰਿਤ 24,494 ਦੇ ਡੀਸੀ ਰੇਟ ਦੇ ਮੁਕਾਬਲੇ ਕੰਟਰੈਕਟ ਮੁਲਾਜ਼ਮਾਂ ਨੂੰ ਸਿਰਫ਼ 15,000 ਅਤੇ ਪੱਕੇ ਮੁਲਾਜ਼ਮਾਂ ਨੂੰ 17,000 ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਤਨਖ਼ਾਹਾਂ 'ਚੋਂ ਕਟੌਤੀ ਕਰਨ ਅਤੇ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦੇਣ ਦੇ ਦੋਸ਼ ਵੀ ਲਾਏ ਗਏ ਸਨ।
