ਚੰਡੀਗੜ੍ਹ, ਮੋਹਾਲੀ ਅਤੇ ਸੰਗਰੂਰ ਵੀ ਪਹੁੰਚੀਆਂ ਸੀ.ਬੀ.ਆਈ.ਦੀਆਂ ਟੀਮਾਂ
ਚੰਡੀਗੜ੍ਹ : ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਕੋਠੀ ਨੰਬਰ 50 ਸਥਿਤ ਕੈਂਪ ਆਫ਼ਿਸ ਵਿੱਚ ਮੰਗਲਵਾਰ ਸ਼ਾਮ ਨੂੰ ਛਾਪੇਮਾਰੀ ਕਰ ਦਿੱਤੀ। ਇਸ ਤੋਂ ਇਲਾਵਾ ਮੁਹਾਲੀ ਅਤੇ ਸੰਗਰੂਰ ਵਿੱਚ ਵੀ ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਸੁਰੱਖਿਆ ਹੇਠ ਸੀ.ਬੀ.ਆਈ. ਦੀਆਂ ਟੀਮਾਂ ਪਹੁੰਚੀਆਂ । ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਵਿੱਚ ਲਗਾਤਾਰ ਛਾਪੇਮਾਰੀ ਚੱਲ ਰਹੀ ਹੈ।
ਸੀ.ਬੀ.ਆਈ. ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਹੋ ਰਹੀ ਹੈ। ਇਹ ਮਾਮਲਾ ਈ.ਡੀ. ਵੱਲੋਂ ਪੰਜਾਬ ਦੇ ਮੁੱਖ ਮੰਤਰੀ ਆਫ਼ਿਸ ਵਿੱਚ ਟਰਾਂਸਫਰ-ਪੋਸਟਿੰਗ ਅਤੇ ਸਰਕਾਰੀ ਟੈਂਡਰਾਂ ਸਮੇਤ ਕਈ ਮਾਮਲਿਆਂ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਸਾਹਮਣੇ ਆਇਆ। ਜਿਸ ਵਿੱਚ ਈ.ਡੀ. ਨੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੂੰ ਮੁੱਖ ਮੁਲਜ਼ਮ ਬਣਾਇਆ ਸੀ । ਈ.ਡੀ. ਦੀਆਂ 3 ਵਾਰ ਦੀਆਂ ਚਿੱਠੀਆਂ ਤੋਂ ਬਾਅਦ ਵੀ ਪੰਜਾਬ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ ਤਾਂ ਈ.ਡੀ. ਦੀ ਰਿਪੋਰਟ ਦੇ ਹਵਾਲੇ ਨਾਲ ਐਡਵੋਕੇਟ ਨਿਖਿਲ ਸਰਾਫ਼ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉੱਥੇ ਹੀ ਇਸੇ ਮਾਮਲੇ ਦੇ ਖ਼ਿਲਾਫ਼ ਸਰਕਾਰ ਸੁਪਰੀਮ ਕੋਰਟ ਗਈ ਸੀ ਪਰ ਅੱਜ ਹੀ ਇਸ ਦੀ ਐਮਰਜੈਂਸੀ/ਜਲਦ ਸੁਣਵਾਈ ਕਰਨ ਦੀ ਮੰਗ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਕੱਲ੍ਹ ਜਾਂ ਪਰਸੋਂ ਇਸ ਦੀ ਸੁਣਵਾਈ ਲਈ ਕਿਹਾ ਸੀ।
ਉੱਥੇ ਹੀ ਰੇਡ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਚੋਣਾਂ ਕਰਕੇ ਮੈਨੂੰ ਬਦਨਾਮ ਕਰਨਾ ਚਾਹੁੰਦੀ ਹੈ। ਜਨਤਾ ਤੋਂ ਮਿਲ ਰਹੇ ਪਿਆਰ ਨੂੰ ਦੇਖ ਕੇ ਭਾਜਪਾ ਘਬਰਾ ਗਈ ਹੈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੱਲ੍ਹ 5 ਅਕਤੂਬਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਸੀ.ਬੀ.ਆਈ. ਜਾਂਚ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਐਮ.ਆਈ.ਆਰ. ਦਰਜ ਕਰਕੇ 2 ਮਹੀਨਿਆਂ ਵਿੱਚ ਜਾਂਚ ਰਿਪੋਰਟ ਮੰਗੀ ਸੀ।
