ਮਾਮਲੇ ਦੀ ਮੁੜ ਜਾਂਚ ਕਰਨ ਦਾ ਦਿੱਤਾ ਹੁਕਮ
ਭਿਵਾਨੀ : ਹਰਿਆਣਾ ਦੇ ਬਹੁਚਰਚਿਤ ਮਨੀਸ਼ਾ ਮੌਤ ਮਾਮਲੇ ਵਿੱਚ ਅਦਾਲਤ ਦੇ ਫ਼ੈਸਲੇ ਨਾਲ ਪੀੜਤ ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ । ਅਦਾਲਤ ਨੇ ਕੇਂਦਰੀ ਜਾਂਚ ਬਿਊਰੋ ਵੱਲੋਂ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਖਾਰਜ ਕਰਦਿਆਂ ਮਾਮਲੇ ਦੀ ਮੁੜ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਪਿਛਲੇ ਕਰੀਬ ਡੇਢ ਸਾਲ ਤੋਂ ਧੀ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰ ਰਹੇ ਪਰਿਵਾਰ ਅਤੇ ਸਮਾਜਿਕ ਜਥੇਬੰਦੀਆਂ ਵਿੱਚ ਨਵੀਂ ਉਮੀਦ ਜਾਗੀ ਹੈ। ਮਨੀਸ਼ਾ ਦੇ ਪਿਤਾ ਸੰਜੇ ਨੇ ਅਦਾਲਤ ਦੇ ਫ਼ੈਸਲੇ ਨੂੰ ਇਨਸਾਫ਼ ਦੀ ਲੜਾਈ ਵਿੱਚ ਅਹਿਮ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਉਮੀਦ ਦੀ ਨਵੀਂ ਕਿਰਨ ਦਿਖਾਈ ਦਿੱਤੀ ਹੈ ਅਤੇ ਜਦੋਂ ਤੱਕ ਧੀ ਨੂੰ ਇਨਸਾਫ਼ ਨਹੀਂ ਮਿਲਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਸੰਜੇ ਨੇ ਦੱਸਿਆ ਕਿ ਪਿਛਲੇ ਸਵਾ ਸਾਲ ਤੋਂ ਹਰਿਆਣਾ ਦੀਆਂ 36 ਬਿਰਾਦਰੀਆਂ ਅਤੇ ਵੱਖ-ਵੱਖ ਖਾਪਾਂ ਦੇ ਨੁਮਾਇੰਦੇ ਮਨੀਸ਼ਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੜਾਈ ਸਮਾਜਿਕ ਪੱਧਰ ਅਤੇ ਸੜਕਾਂ ’ਤੇ ਸੀ, ਉਦੋਂ ਤੱਕ ਪੂਰੇ ਭਾਈਚਾਰੇ ਨੇ ਉਨ੍ਹਾਂ ਦਾ ਸਾਥ ਦਿੱਤਾ। ਇਸ ਤੋਂ ਬਾਅਦ ਕਾਨੂੰਨੀ ਲੜਾਈ ਸ਼ੁਰੂ ਹੋਈ ਤਾਂ ਉਨ੍ਹਾਂ ਦੇ ਵਕੀਲ ਨੇ ਅਦਾਲਤ ਵਿੱਚ ਮਜ਼ਬੂਤੀ ਨਾਲ ਪੱਖ ਰੱਖਿਆ। ਇਸੇ ਪੈਰਵੀ ਕਾਰਨ ਅਦਾਲਤ ਨੇ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਨਹੀਂ ਕੀਤਾ ਅਤੇ ਮੁੜ ਜਾਂਚ ਦੇ ਹੁਕਮ ਦਿੱਤੇ।
ਮਨੀਸ਼ਾ ਦੇ ਪਿਤਾ ਨੇ ਸੀ.ਬੀ.ਆਈ. ਦੀ ਜਾਂਚ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਜਾਂਚ ਰਿਪੋਰਟ ਵਿੱਚ ਕਈ ਅਹਿਮ ਤੱਥਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਉਨ੍ਹਾਂ ਮੁਤਾਬਕ ਜਾਂਚ ਵਿੱਚ ਸਬੰਧਤ ਅਧਿਕਾਰੀਆਂ ਅਤੇ ਕਾਲਜ ਪ੍ਰਸ਼ਾਸਨ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਕਈ ਗਵਾਹਾਂ ਦੇ ਬਿਆਨਾਂ ਅਤੇ ਮਹੱਤਵਪੂਰਨ ਤੱਥਾਂ ਦੀ ਵੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ ਗਈ। ਉਨ੍ਹਾਂ ਮਨੀਸ਼ਾ ਦੀ ਆਖਰੀ ਫ਼ੋਨ ਕਾਲ ਦੀ ਡਿਟੇਲ ਅਤੇ ਮੋਬਾਈਲ ਲੋਕੇਸ਼ਨ ਨੂੰ ਲੈ ਕੇ ਵੀ ਸਵਾਲ ਉਠਾਏ। ਸੰਜੇ ਦਾ ਕਹਿਣਾ ਹੈ ਕਿ ਰਾਤ ਕਰੀਬ 12 ਵਜੇ ਹੋਈ ਕਾਲ ਦੀ ਲੋਕੇਸ਼ਨ, ਮੋਬਾਈਲ ਆਖਰੀ ਵਾਰ ਕਿੱਥੇ ਮਿਲਿਆ ਅਤੇ ਕਿੱਥੇ ਬੰਦ ਹੋਇਆ, ਇਨ੍ਹਾਂ ਸਵਾਲਾਂ ਦੇ ਜਵਾਬ ਜਾਂਚ ਵਿੱਚ ਨਹੀਂ ਮਿਲੇ।
ਸੰਜੇ ਨੇ ਕਾਲਜ ਦੇ ਸੀ.ਸੀ.ਟੀ.ਵੀ. ਫੁਟੇਜ ’ਤੇ ਵੀ ਸ਼ੱਕ ਜਤਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਪ੍ਰਸ਼ਾਸਨ ਨੇ ਸੀ.ਸੀ.ਟੀ.ਵੀ. ਫੁਟੇਜ ਕਰੀਬ 40 ਦਿਨਾਂ ਤੱਕ ਆਪਣੇ ਕੋਲ ਰੱਖੀ ਅਤੇ ਇਸ ਨੂੰ ਸਮੇਂ ਸਿਰ ਅੱਗੇ ਨਹੀਂ ਭੇਜਿਆ ਗਿਆ। ਉਨ੍ਹਾਂ ਨੇ ਫੁਟੇਜ ਵਿੱਚ ਕੱਟਿੰਗ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਆਈਡੀਅਲ ਕਾਲਜ, ਸਿੰਘਾਨਾ ਗਈ ਸੀ ਅਤੇ ਪਰਿਵਾਰ ਸ਼ੁਰੂ ਤੋਂ ਹੀ ਕਾਲਜ ਵਿੱਚ ਵਾਪਰੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਦੀ ਮੰਗ ਕਰ ਰਿਹਾ ਹੈ।
ਕਥਿਤ ਸੁਸਾਈਡ ਨੋਟ ਨੂੰ ਲੈ ਕੇ ਵੀ ਮਨੀਸ਼ਾ ਦੇ ਪਿਤਾ ਨੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਸੁਸਾਈਡ ਨੋਟ ਦੀ ਗੱਲ ਕੀਤੀ ਜਾ ਰਹੀ ਸੀ, ਉਸ ਦੀ ਲਿਖਾਈ ਮਨੀਸ਼ਾ ਦੀ ਲਿਖਾਈ ਨਾਲ ਮੇਲ ਨਹੀਂ ਖਾਂਦੀ। ਸੰਜੇ ਮੁਤਾਬਕ ਅਦਾਲਤ ਨੇ ਲਿਖਾਈ ਦੀ ਜਾਂਚ ਉੱਤਰੀ ਭਾਰਤ ਅਤੇ ਦੱਖਣੀ ਭਾਰਤ ਦੀਆਂ ਦੋ ਵੱਖ-ਵੱਖ ਥਾਵਾਂ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ ਵਿੱਚ ਦੱਸੇ ਗਏ ਮੌਤ ਦੇ ਸਮੇਂ ਅਤੇ ਮਨੀਸ਼ਾ ਦੇ ਲਾਪਤਾ ਰਹਿਣ ਦੀ ਮਿਆਦ ਨੂੰ ਲੈ ਕੇ ਵੀ ਸਵਾਲ ਉਠਾਏ। ਪਰਿਵਾਰ ਜਾਣਨਾ ਚਾਹੁੰਦਾ ਹੈ ਕਿ ਇਸ ਸਮੇਂ ਦੌਰਾਨ ਮਨੀਸ਼ਾ ਕਿੱਥੇ ਸੀ ਅਤੇ ਉਸ ਨਾਲ ਕੀ ਵਾਪਰਿਆ ਸੀ। ਕਿਸਾਨ ਆਗੂ ਸੁਰੇਸ਼ ਕੋਥ ਨੇ ਵੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੀਸ਼ਾ ਮਾਮਲੇ ਨੂੰ ਲੈ ਕੇ ਸ਼ੁਰੂ ਤੋਂ ਹੀ ਪੂਰੇ ਹਰਿਆਣਾ ਦੇ ਲੋਕਾਂ ਦੇ ਮਨਾਂ ਵਿੱਚ ਕਈ ਸਵਾਲ ਸਨ, ਜਿਨ੍ਹਾਂ ਦੇ ਜਵਾਬ ਅੱਜ ਤੱਕ ਨਹੀਂ ਮਿਲੇ। 36 ਬਿਰਾਦਰੀਆਂ ਦੇ ਲੋਕਾਂ ਨੇ ਇਕਜੁੱਟ ਹੋ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ ਹੈ ਅਤੇ ਅੱਗੇ ਵੀ ਪਰਿਵਾਰ ਦਾ ਪੂਰਾ ਸਾਥ ਦਿੱਤਾ ਜਾਵੇਗਾ।
ਸੁਰੇਸ਼ ਕੋਥ ਨੇ ਪੁਲਿਸ ਅਤੇ ਜਾਂਚ ਏਜੰਸੀਆਂ ਦੀ ਕਾਰਜਪ੍ਰਣਾਲੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ, ਮੌਤ ਦੇ ਸਮੇਂ, ਕਥਿਤ ਖ਼ੁਦਕੁਸ਼ੀ ਅਤੇ ਜਾਂਚ ਦੌਰਾਨ ਸਾਹਮਣੇ ਆਈਆਂ ਗੜਬੜੀਆਂ ਸਮੇਤ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕਿਸੇ ਨੇ ਅਪਰਾਧ ਕੀਤਾ ਹੈ ਤਾਂ ਉਸ ਨੂੰ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਪੱਧਰ ’ਤੇ ਲਾਪਰਵਾਹੀ ਹੋਈ ਹੈ ਤਾਂ ਉਸ ਦੀ ਜ਼ਿੰਮੇਵਾਰੀ ਵੀ ਤੈਅ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਖਾਰਜ ਹੋਣਾ ਅਤੇ ਮੁੜ ਜਾਂਚ ਦੇ ਹੁਕਮ ਮਿਲਣਾ ਪਰਿਵਾਰ ਲਈ ਵੱਡੀ ਉਮੀਦ ਹੈ। ਅਦਾਲਤ ਨੇ ਮੁੜ ਜਾਂਚ ਦੇ ਨਾਲ ਸਬੰਧਤ ਅਧਿਕਾਰੀਆਂ ਅਤੇ ਡਾਕਟਰਾਂ ਤੋਂ ਪੁੱਛਗਿੱਛ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੁਣ ਜਾਂਚ ਲਈ ਨਿਯੁਕਤ ਹੋਣ ਵਾਲੇ ਅਧਿਕਾਰੀਆਂ ਦੀ ਕਾਰਵਾਈ ’ਤੇ ਨਜ਼ਰ ਰੱਖੀ ਜਾਵੇਗੀ ਅਤੇ ਅਦਾਲਤ ਦੇ ਹੁਕਮਾਂ ਅਨੁਸਾਰ ਜਾਂਚ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖਿਆ ਜਾਵੇਗਾ।
ਸੁਰੇਸ਼ ਕੋਥ ਨੇ ਸਪੱਸ਼ਟ ਕੀਤਾ ਕਿ ਲੋੜ ਪੈਣ ’ਤੇ ਪਰਿਵਾਰ ਅਤੇ ਸਮਾਜ ਮੁੜ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲ ਵਿੱਚ ਪਹਿਲੀ ਵਾਰ ਉਨ੍ਹਾਂ ਨੂੰ ਮਹਿਸੂਸ ਹੋਇਆ ਹੈ ਕਿ ਕਿਸੇ ਨੇ ਉਨ੍ਹਾਂ ਦੀ ਗੱਲ ਗੰਭੀਰਤਾ ਨਾਲ ਸੁਣੀ ਹੈ ਅਤੇ ਇਨਸਾਫ਼ ਦੀ ਉਮੀਦ ਜਾਗੀ ਹੈ। ਫਿਲਹਾਲ ਅਦਾਲਤ ਦੇ ਇਸ ਫ਼ੈਸਲੇ ਨਾਲ ਮਨੀਸ਼ਾ ਦੀ ਮੌਤ ਦਾ ਮਾਮਲਾ ਇੱਕ ਵਾਰ ਫਿਰ ਨਵੇਂ ਮੋੜ ’ਤੇ ਪਹੁੰਚ ਗਿਆ ਹੈ। ਪਰਿਵਾਰ ਨੂੰ ਉਮੀਦ ਹੈ ਕਿ ਮੁੜ ਹੋਣ ਵਾਲੀ ਜਾਂਚ ਦੌਰਾਨ ਲੰਬੇ ਸਮੇਂ ਤੋਂ ਅਣਸੁਲਝੇ ਸਵਾਲਾਂ ਦੇ ਜਵਾਬ ਸਾਹਮਣੇ ਆਉਣਗੇ। ਹੁਣ ਸਾਰਿਆਂ ਦੀਆਂ ਨਜ਼ਰਾਂ ਅਗਲੀ ਜਾਂਚ ’ਤੇ ਟਿਕੀਆਂ ਹੋਈਆਂ ਹਨ।
