ਬੱਸ ’ਚ ਸਵਾਰ ਸਾਰੇ 30 ਬੱਚੇ ਸੁਰੱਖਿਅਤ
ਪੰਚਕੂਲਾ : ਪੰਚਕੂਲਾ ਦੇ ਸੈਕਟਰ 26 ਵਿਚ ਚਿਤਕਾਰਾ ਸਕੂਲ ਦੀ ਬੱਚਿਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਦੀ ਬੱਸ ਨੇ 6 ਗੱਡੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਵਿਚ ਲਗਭਗ 30 ਬੱਚੇ ਸਵਾਰ ਸਨ। ਹਾਦਸੇ ਤੋਂ ਬਾਅਦ ਮੌਕੇ 'ਤੇ ਅਫ਼ਰਾ-ਤਫ਼ਰੀ ਮੱਚ ਗਈ। ਹਾਲਾਂਕਿ ਵੱਡਾ ਹਾਦਸਾ ਹੋਣ ਤੋਂ ਬਚ ਗਿਆ ਤੇ ਸਾਰੇ ਬੱਚਿਆਂ ਦਾ ਬਚਾਅ ਹੋ ਗਿਆ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਸਮੇਂ ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟੱਕਰ ਤੋਂ ਬਾਅਦ ਆਸ-ਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ । ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਦੇ ਨੁਕਸਾਨੇ ਜਾਣ ਤੋਂ ਨਾਰਾਜ਼ ਲੋਕਾਂ ਨੇ ਬੱਸ ਚਾਲਕ ਨੂੰ ਮੌਕੇ 'ਤੇ ਹੀ ਫੜ ਲਿਆ। ਸੂਚਨਾ ਮਿਲਦੇ ਹੀ ਚੰਡੀਮੰਦਰ ਥਾਣਾ ਪੁਲਿਸ ਘਟਨਾ ਸਥਾਨ 'ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਬੱਚਿਆਂ ਨੂੰ ਸੁਰੱਖਿਅਤ ਬੱਸ ਵਿੱਚੋਂ ਉਤਾਰਿਆ ਅਤੇ ਦੂਜੀ ਬੱਸ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਸਕੂਲ ਭੇਜ ਦਿੱਤਾ। ਬੱਸ ਡਰਾਈਵਰ ਨੇ ਦੱਸਿਆ ਕਿ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬੱਸ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਸੜਕ ਕਿਨਾਰੇ ਖੜ੍ਹੀਆਂ ਕਾਰਾਂ ਨਾਲ ਟੱਕਰ ਹੋ ਗਈ।
