ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
ਜੰਮੂ: ਜੰਮੂ ਤੋਂ ਲੈ ਕੇ ਆਏ ਨੋਜਵਾਨ ਦੀ ਨਾਰਕੋਟਿਕ ਸੈੱਲ ਦੀ ਕਸਟਡੀ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪਰਿਵਾਰ ਵੱਲੋਂ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ। ਦੂਜੇ ਪਾਸੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੇਸ ਐਨਸੀਬੀ ਨਾਲ ਸੰਬੰਧਤ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਉਹ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਲਈ ਵੈਰੀਫਿਕੇਸ਼ਨ ਕਰ ਰਹੇ ਹਨ।
ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ ਉਰਫ਼ ਸੰਨੀ ਨੂੰ 3 ਤਾਰੀਖ ਨੂੰ ਜੰਮੂ ਵਿੱਚ ਨਾਰਕੋਟਿਕ ਸੈੱਲ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਉਸ ਦਿਨ ਤੋਂ ਲੈ ਕੇ 14 ਦਿਨ ਤੱਕ ਨਾ ਤਾਂ ਉਨ੍ਹਾਂ ਨੂੰ ਕੋਈ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਮੁਲਾਕਾਤ ਕਰਨ ਦੀ ਇਜਾਜ਼ਤ ਮਿਲੀ। ਉਨ੍ਹਾਂ ਕਿਹਾ ਕਿ ਨਾ ਕੋਈ ਅਧਿਕਾਰੀ ਘਰ ਆਇਆ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਸੂਚਨਾ ਦਿੱਤੀ ਗਈ।
ਪਰਿਵਾਰ ਨੇ ਦੱਸਿਆ ਕਿ ਅਚਾਨਕ ਰਾਤ 2 ਵਜੇ ਫੋਨ ਆਇਆ ਕਿ ਸੰਨੀ ਬਿਮਾਰ ਹੈ ਅਤੇ ਉਸਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰ ਜਦੋਂ ਉਨ੍ਹਾਂ ਨੇ ਹੋਰ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਕੋਈ ਸਹੀ ਜਵਾਬ ਨਹੀਂ ਮਿਲਿਆ। ਕੁਝ ਸਮੇਂ ਬਾਅਦ ਦੁਬਾਰਾ ਫੋਨ ਕਰਕੇ ਦੱਸਿਆ ਗਿਆ ਕਿ ਸੰਨੀ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਸੰਨੀ ਨੂੰ ਬੇਰਹਿਮੀ ਨਾਲ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਸ਼ਰੀਰ ‘ਤੇ ਨਿਸ਼ਾਨ ਸਪਸ਼ਟ ਦਿਖਾਈ ਦੇ ਰਹੇ ਹਨ ਅਤੇ ਉਸਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਉਸ ਨਾਲ ਕਸਟਡੀ ਵਿੱਚ ਜ਼ਿਆਦਤੀ ਹੋਈ। ਪਰਿਵਾਰ ਨੇ ਇਹ ਵੀ ਦੱਸਿਆ ਕਿ ਸੰਨੀ ਬੀਐਸਐਫ ਵਿੱਚ ਡਿਊਟੀ ‘ਤੇ ਤੈਨਾਤ ਸੀ ਅਤੇ ਉਹ ਬੇਕਸੂਰ ਸੀ।
ਇਸ ਦੇ ਨਾਲ ਹੀ ਪਰਿਵਾਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪੁੱਤ ‘ਤੇ ਪਾਕਿਸਤਾਨ ਜਾਂ ਅਫਗਾਨਿਸਤਾਨ ਨਾਲ ਸੰਬੰਧਿਤ ਹੋਣ ਦੇ ਦੋਸ਼ ਲਗਾਏ ਜਾ ਰਹੇ ਹਨ, ਪਰ ਉਹਨਾਂ ਨੂੰ ਇਸ ਬਾਰੇ ਕੋਈ ਢੁੱਕਵਾਂ ਸਬੂਤ ਨਹੀਂ ਦਿੱਤਾ ਗਿਆ। ਉਹਨਾਂ ਦਾ ਕਹਿਣਾ ਹੈ ਕਿ ਜੇ ਕੋਈ ਦੋਸ਼ ਸੀ ਤਾਂ ਕਾਨੂੰਨੀ ਤਰੀਕੇ ਨਾਲ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ।
ਫਿਲਹਾਲ ਅਧਿਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਤਫਤੀਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਦੁੱਖੀ ਪਰਿਵਾਰ ਨੇ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਬੇਕਸੂਰ ਪੁੱਤ ਲਈ ਸੱਚ ਸਾਹਮਣੇ ਆਉਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
