ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁਧ ਤੁਰਤ ਕੇਸ ਦਰਜ ਕਰਨ ਦੀ ਮੰਗ ਕੀਤੀ
ਅੰਮ੍ਰਿਤਸਰ (ਜੱਜ, ਬਹੋੜੂ) : ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ਦੇ ਸਬੰਧ ਵਿਚ ਪੁਲਿਸ ਵਲੋਂ ਮਾਮਲਾ ਦਰਜ ਨਾ ਕੀਤੇ ਜਾਣ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਰੋਸ ਪ੍ਰਗਟ ਕਰਨ ਲਈ ਰਣਜੀਤ ਐਵੀਨਿਊ ਪੁਲਿਸ ਥਾਣੇ ਅੱਗੇ ਇਕੱਠੇ ਹੋਏ। ਉਨ੍ਹਾਂ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁਧ ਤੁਰਤ ਕੇਸ ਦਰਜ ਕਰਨ ਦੀ ਮੰਗ ਕੀਤੀ। ਰੰਧਾਵਾ ਨੇ ਅਪਣੀ ਜੀਵਨ ਲੀਲਾ ਸਮਾਪਤ ਕਰਨ ਦੇ ਇਸ ਖ਼ੌਫ਼ਨਾਕ ਕਦਮ ਲਈ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਉਨ੍ਹਾਂ ਨੇ ਇਕ ਵੀਡੀਉ ਕਲਿੱਪ ਬਣਾਈ ਸੀ ਜੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ, ਜਿਸ ਕਾਰਨ ਪੰਜਾਬ ਵਿਚ ਸਿਆਸੀ ਤੂਫ਼ਾਨ ਆ ਗਿਆ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੁਲਿਸ ਸਟੇਸ਼ਨ ਜਾ ਕੇ ਪੁਲਿਸ ’ਤੇ ਕੇਸ ਦਰਜ ਕਰਨ ਲਈ ਦਬਾਅ ਪਾਇਆ। ਬਾਅਦ ਵਿਚ ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹੋਰ ਕਾਂਗਰਸੀ ਆਗੂ ਅਨਿਲ ਜੋਸ਼ੀ, ਰਾਜਕੁਮਾਰ ਵੇਰਕਾ ਵੀ ਪੁਲਿਸ ਸਟੇਸ਼ਨ ਪਹੁੰਚ ਗਏ। ਸਿਆਸੀ ਆਗੂਆਂ ਨੇ ਕਿਹਾ ਕਿ ਜਦੋਂ ਤਕ ਪੁਲਿਸ ਮੁਲਜ਼ਮ ਮੰਤਰੀ ਅਤੇ ਉਸ ਦੇ ਸਾਥੀਆਂ ਵਿਰੁਧ ਐਫ਼ ਆਈ ਆਰ ਦਰਜ ਨਹੀਂ ਕਰਦੀ, ਉਦੋਂ ਤੱਕ ਉਹ ਧਰਨਾ ਜਾਰੀ ਰੱਖਣਗੇ।
ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਹੋਵੇ ਮਾਮਲੇ ਦੀ ਜਾਂਚ : ਰਾਜਾ ਵੜਿੰਗ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨ ਰੰਧਾਵਾ ਵਲੋਂ ਆਤਮ ਹਤਿਆ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਦੁਖੀ ਪ੍ਰਵਾਰ ਨਾਲ ਹਮਦਰਦੀ ਜਤਾਈ ਹੈ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਪੀੜਤ ਪ੍ਰਵਾਰ ਨਾਲ ਖੜ੍ਹੀ ਹੈ ਅਤੇ ਇਨਸਾਫ਼ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।
ਕੇਸ ਦਰਜ ਕਰ ਕੇ ਗ੍ਰਿਫ਼ਤਾਰੀ ਹੋਵੇ : ਅਸ਼ਵਨੀ ਸ਼ਰਮਾ
ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇਕ ਬਹੁਤ ਹੀ ਇਮਾਨਦਾਰ, ਪੜ੍ਹੇ-ਲਿਖੇ ਅਤੇ ਹੋਣਹਾਰ ਅਧਿਕਾਰੀ ਡਾ. ਗਗਨਦੀਪ ਸਿੰਘ ਰੰਧਾਵਾ ਵਲੋਂ ਆਤਮ ਹਤਿਆ ਸੂਬੇ ਲਈ ਬਹੁਤ ਵੱਡਾ ਝਟਕਾ ਹੈ। ਆਮ ਆਦਮੀ ਪਾਰਟੀ ਦੇ ਮੰਤਰੀ ਵਲੋਂ ਕੀਤੇ ਗਏ ਅਤਿਆਚਾਰ ਅਤੇ ਸਿਆਸੀ ਦਬਾਅ ਕਾਰਨ ਉਨ੍ਹਾਂ ਨੂੰ ਅਪਣੀ ਜਾਨ ਦੇਣੀ ਪਈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਸਖ਼ਤ ਮੰਗ ਕਰਦਿਆਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਤੁਰਤ ਸੀ.ਬੀ.ਆਈ. ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਅਸਤੀਫ਼ਾ ਹੀ ਕਾਫ਼ੀ ਨਹੀਂ ਬਲਕਿ ਮੰਤਰੀ ਭੁੱਲਰ ਵਿਰੁਧ ਤੁਰਤ ਕਤਲ ਅਤੇ ਖ਼ੁਦਕੁਸ਼ੀ ਲਈ ਉਕਸਾਉਣ ਦਾ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਜੇਲ ਭੇਜਿਆ ਜਾਵੇ।
ਭਾਜਪਾ ਨਿਆਂ ਲਈ ਪੂਰਾ ਸੰਘਰਸ਼ ਕਰੇਗੀ: ਜਾਖੜ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੰਮ੍ਰਿਤਸਰ ਦੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਵਲੋਂ ਆਤਮ ਹਤਿਆ ਕਰ ਲਏ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਜਾਖੜ ਨੇ ਕਿਹਾ ਕਿ ਭਾਜਪਾ ਪ੍ਰਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਹ ਚਿੱਟੇ ਦਿਨ ਇਕ ਅਧਿਕਾਰੀ ਦਾ ਹੋਇਆ ਕਤਲ ਹੈ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁਧ ਪਰਚਾ ਦਰਜ ਕਰ ਕੇ ਤੁਰਤ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਦੋਸ਼ਾਂ ਦੀ ਨਿਆਂਇਕ ਜਾਂਚ ਹੋਵੇ: ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਨੇ ਜ਼ਿਲ੍ਹਾ ਮੈਨੇਜਰ ਵਲੋਂ ਖ਼ੁਦਕੁਸ਼ੀ ਕਰਨ ਤੇ ਪੀੜਤ ਪ੍ਰਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸਬੰਧਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫ਼ਾ ਲੈ ਲਿਆ ਹੈ ਪਰ ਸਚਾਈ ਸਾਹਮਣੇ ਲਿਆਉਣ ਲਈ ਉਨ੍ਹਾਂ ਨਿਆਂਇਕ ਜਾਂਚ ਦੀ ਮੰਗ ਕੀਤੀ।
ਮਾਮਲੇ ਦੀ ਸੀਬੀਆਈ ਜਾਂਚ ਹੋਵੇ: ਬਾਜਵਾ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਪ ਦੇ ਮੰਤਰੀ ਲਲਜੀਤ ਸਿੰਘ ਭੁੱਲਰ ਵਿਰੁਧ ਗੰਭੀਰ ਦੋਸ਼ ਸਾਹਮਣੇ ਆਏ ਹਨ, ਜਿਵੇਂ ਕਿ ਸਰੀਰਕ ਹਿੰਸਾ, ਜ਼ਬਰਦਸਤੀ ਅਤੇ ਲਗਾਤਾਰ ਤੰਗ ਪ੍ਰੇਸ਼ਾਨੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਗੰਭੀਰ ਮਾਮਲੇ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ ਮੇਰੀ ਪਹਿਲੀ ਮੰਗ ਹੈ ਕਿ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿਚ ਤੁਰਤ ਐਫ਼ਆਈਆਰ ਦਰਜ ਕੀਤੀ ਜਾਵੇ। ਭੁੱਲਰ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮਾਮਲਾ ਨਿਰਪੱਖ ਤੇ ਪਾਰਦਰਸ਼ੀ ਜਾਂਚ ਲਈ ਸੀਬੀਆਈ ਨੂੰ ਸੌਂਪਿਆ ਜਾਵੇ।
ਭੁੱਲਰ ਵਿਰੁਧ ਮਾਮਲਾ ਦਰਜ ਕੀਤਾ ਜਾਵੇ: ਔਜਲਾ
ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੇਅਰਹਾਊਸ ਜ਼ਿਲ੍ਹਾ ਮੈਨੇਜਰ ਦੀ ਮੌਤ ਦੇ ਮਾਮਲੇ ’ਚ ਕਾਫ਼ੀ ਤਿੱਖਾ ਰੁਖ਼ ਅਪਣਾਉਂਦੇ ਹੋਏ ਰਾਜ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਗੰਭੀਰ ਦੋਸ਼ ਲਗਾਏ ਹਨ। ਔਜਲਾ ਨੇ ਸਾਫ਼ ਕਿਹਾ ਕਿ ਇਹ ਆਤਮ ਹਤਿਆ ਨਹੀਂ, ਸੱਤਾ ਦੇ ਦਬਾਅ ਹੇਠ ਕੀਤਾ ਗਿਆ ਸਾਜ਼ਿਸ਼ਨ ਕਤਲ ਹੈ ਅਤੇ ਮੰਗ ਕੀਤੀ ਕਿ ਮੰਤਰੀ ਵਿਰੁਧ ਤੁਰਤ ਧਾਰਾ 302 ਹੇਠ ਕੇਸ ਦਰਜ ਕੀਤਾ ਜਾਵੇ।
ਸੰਸਦ ਮੈਂਬਰ ਔਜਲਾ ਸੱਭ ਤੋਂ ਪਹਿਲਾਂ ਉਸ ਹਸਪਤਾਲ ਪਹੁੰਚੇ ਜਿਥੇ ਗਗਨਦੀਪ ਸਿੰਘ ਨੂੰ ਮੌਤ ਤੋਂ ਪਹਿਲਾਂ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਹ ਪ੍ਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਵੀ ਗਏ ਅਤੇ ਬੱਚਿਆਂ ਸਮੇਤ ਸਾਰੇ ਪ੍ਰਵਾਰ ਨੂੰ ਹੌਂਸਲਾ ਦਿਤਾ। ਔਜਲਾ ਨੇ ਚੇਤਾਵਨੀ ਭਰੇ ਲਹਿਜ਼ੇ ’ਚ ਕਿਹਾ ਕਿ ਜੇ ਕਿਸੇ ਵੀ ਅਧਿਕਾਰੀ ਨੇ ਇਸ ਮਾਮਲੇ ਵਿਚ ਲੀਪਾਪੋਤੀ ਕਰਨ ਦੀ ਕੋਸ਼ਿਸ਼ ਕੀਤੀ ਜਾਂ ਪ੍ਰਵਾਰ ’ਤੇ ਸਮਝੌਤੇ ਲਈ ਦਬਾਅ ਬਣਾਇਆ ਗਿਆ, ਤਾਂ ਕਾਂਗਰਸ ਸੜਕਾਂ ’ਤੇ ਉਤਰ ਕੇ ਵੱਡਾ ਅੰਦੋਲਨ ਕਰੇਗੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਦਾ ਘਿਰਾਉ ਕੀਤਾ ਜਾਵੇਗਾ।
