ਰਾਹੁਲ ਗਾਂਧੀ ਨੂੰ ਪੀੜਤ ਪਰਿਵਾਰਾਂ ਤੋਂ ਮੁਆਫ਼ੀ ਮੰਗਣ ਦੀ ਮੰਗ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂਆਂ ਨੇ 1984 ਦੇ ਸਿੱਖ ਨਸਲਕੁਸ਼ੀ ਦੇ ਮੁੱਦੇ 'ਤੇ ਕਾਂਗਰਸ ਪਾਰਟੀ ਨੂੰ ਘੇਰਦਿਆਂ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਭਾਜਪਾ ਆਗੂਆਂ ਨੇ 1 ਨਵੰਬਰ ਨੂੰ ਵਿਰੋਧੀ ਧਿਰਾਂ ਦੇ ਗਠਜੋੜ ‘ਇੰਡੀਆ’ ਦੀ ਮੈਗਾ ਰੈਲੀ ਕਰਵਾਉਣ ਨੂੰ ਸਿੱਖ ਭਾਈਚਾਰੇ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਕਰਾਰ ਦਿੱਤਾ ਹੈ।
ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਨੇ ਕਿਹਾ ਕਿ ਪੂਰੀ ਦੁਨੀਆ ਜਾਣਦੀ ਹੈ ਕਿ 1984 ਵਿੱਚ ਕਾਂਗਰਸ ਨੇ ਸਿੱਖਾਂ ਦਾ ਨਸਲਕੁਸ਼ੀ ਕਿਸ ਤਰ੍ਹਾਂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਕਾਂਗਰਸ ਵੱਲੋਂ 1 ਨਵੰਬਰ ਦੇ ਦਿਨ ਰੈਲੀ ਕਰਨਾ ਬੇਹੱਦ ਸ਼ਰਮਨਾਕ ਅਤੇ ਚਿੰਤਾਜਨਕ ਹੈ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਨੂੰ ਆਪਣੇ ਪੁਰਾਣੇ ਗੁਨਾਹਾਂ ਦਾ ਕੋਈ ਪਛਤਾਵਾ ਨਹੀਂ ਹੈ। ਪੂਨੀਆ ਨੇ ਦੱਸਿਆ ਕਿ ਪੰਜਾਬ ਭਾਜਪਾ ਲੋਕਾਂ ਨੂੰ 1984 ਦੇ ਸਿੱਖ ਕਤਲੇਆਮ ਦੇ ਭਿਆਨਕ ਸੱਚ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸਮਾਗਮ ਕਰਵਾਉਣ ਜਾ ਰਹੀ ਹੈ।
ਉੱਥੇ ਹੀ ਭਾਜਪਾ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਜ਼ਖ਼ਮਾਂ 'ਤੇ ਲੂਣ ਛਿੜਕਣ ਦਾ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਦੀ ਬਜਾਏ, ਕਾਂਗਰਸ 1 ਨਵੰਬਰ ਨੂੰ ਰੈਲੀ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਆਗੂ ਕੇਵਲ ਸਿੰਘ ਢਿੱਲੋਂ ਨੇ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ, "ਰਾਹੁਲ ਗਾਂਧੀ ਅੱਜ ਪੰਜਾਬ ਆ ਰਹੇ ਹਨ। ਮੈਂ ਉਨ੍ਹਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਅਤੇ ਉਨ੍ਹਾਂ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ।"
