7 ਅਗਸਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ
ਕੀਰਤਪੁਰ ਸਾਹਿਬ : ਅੱਠਵੀਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ਼੍ਰੀ ਸੀਸ ਮਹਲ ਸਾਹਿਬ, ਕੀਰਤਪੁਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਹੋਈ। ਇਸ ਮੌਕੇ ਸੰਗਤ ਦੀ ਹਾਜ਼ਰੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਭਾਈ ਜੋਗਿੰਦਰ ਸਿੰਘ ਜੀ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸਮੂਹ ਸੰਗਤ ਦੀ ਚੜ੍ਹਦੀ ਕਲਾ, ਸਰਬੱਤ ਦੇ ਭਲੇ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।
ਇਸ ਮੌਕੇ ਕਾਰ ਸੇਵਾ ਕਿਲ੍ਹਾ ਸ਼੍ਰੀ ਅਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਸਤਨਾਮ ਸਿੰਘ ਜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਗੁਰਦੁਆਰਾ ਸ਼੍ਰੀ ਪਤਾਲਪੁਰੀ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਅਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਸਰਬਜੀਤ ਸਿੰਘ ਖਡੂਰ, ਬਾਬਾ ਜਰਨੈਲ ਸਿੰਘ, ਸੁਰਿੰਦਰ ਸਿੰਘ ਰਾਜਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੌਰਾਨ ਕੀਰਤਨ ਦਰਬਾਰ, ਗੁਰਬਾਣੀ ਵਿਚਾਰ, ਧਾਰਮਿਕ ਦੀਵਾਨ ਅਤੇ ਗੁਰੂ ਕਾ ਅਤੁੱਟ ਲੰਗਰ ਸੰਗਤਾਂ ਲਈ ਸਜਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤ ਨੂੰ ਇਨ੍ਹਾਂ ਪਾਵਨ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਅਸੀਸਾਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
