8 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬਾਬਾ ਬਕਾਲਾ ਦੀ ਅਦਾਲਤ ’ਚ ਕੀਤਾ ਗਿਆ ਸੀ ਪੇਸ਼
ਬਾਬਾ ਬਕਾਲਾ : ਬਾਬਾ ਬਕਾਲਾ ਸਾਹਿਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਥਾਣਾ ਬਿਆਸ ਪੁਲਿਸ ਵੱਲੋਂ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਮਾਂਗਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਠ ਦਿਨਾਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਪੁਲਿਸ ਨੇ ਜਾਂਚ ਨੂੰ ਅੱਗੇ ਵਧਾਉਣ ਲਈ ਹੋਰ ਰਿਮਾਂਡ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਥਾਣਾ ਬਿਆਸ ਵਿੱਚ ਦਰਜ ਮੁਕੱਦਮਾ ਨੰਬਰ 94/2023, ਸਠਿਆਲਾ ਕਤਲ ਕਾਂਡ ਨਾਲ ਸਬੰਧਤ ਮਾਮਲੇ ਵਿੱਚ ਜਾਂਚ ਕਰ ਰਹੀ ਬਿਆਸ ਪੁਲਿਸ ਵੱਲੋਂ ਗੈਂਗਸਟਰ ਜੋਬਨਜੀਤ ਸਿੰਘ ਉਰਫ ਬਿੱਲਾ ਮਾਂਗਾ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਮਾਣਯੋਗ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਪੁਲਿਸ ਦਾ ਪਹਿਲਾਂ ਮਿਲਿਆ ਅੱਠ ਦਿਨਾਂ ਦਾ ਰਿਮਾਂਡ ਖਤਮ ਹੋਣ ਉਪਰੰਤ ਅਦਾਲਤ ਵਿੱਚ ਦੁਬਾਰਾ ਰਿਮਾਂਡ ਦੀ ਮੰਗ ਰੱਖੀ ਗਈ ਸੀ। ਸੂਤਰਾਂ ਅਨੁਸਾਰ ਅਦਾਲਤ ਵਿੱਚ ਪੁਲਿਸ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ ਅਤੇ ਹੋਰ ਮੁਲਜ਼ਮਾਂ ਦੀ ਭੂਮਿਕਾ, ਆਪਸੀ ਸਬੰਧਾਂ ਅਤੇ ਹੋਰ ਤੱਥਾਂ ਦੀ ਪੁਸ਼ਟੀ ਲਈ ਮੁਲਜ਼ਮ ਤੋਂ ਹੋਰ ਪੁੱਛਗਿੱਛ ਲੋੜੀਂਦੀ ਹੈ। ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮਾਣਯੋਗ ਅਦਾਲਤ ਨੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਮਾਂਗਾ ਦਾ ਛੇ ਦਿਨਾਂ ਦਾ ਹੋਰ ਪੁਲਿਸ ਰਿਮਾਂਡ ਮਨਜ਼ੂਰ ਕਰ ਦਿੱਤਾ ਗਿਆ ਹੈ।
ਉੱਥੇ ਹੀ ਬਚਾਅ ਪੱਖ ਦੇ ਵਕੀਲ ਗੋਬਿੰਦ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਰਿਮਾਂਡ ਥਾਣਾ ਬਿਆਸ ਵਿੱਚ ਦਰਜ ਮੁਕੱਦਮਾ ਨੰਬਰ 94/2023, ਸਠਿਆਲਾ ਕਤਲ ਕਾਂਡ ਨਾਲ ਸਬੰਧਤ ਮਾਮਲੇ ਵਿੱਚ ਹੋਰਨਾਂ ਮੁਲਜ਼ਮਾਂ ਬਾਰੇ ਪੁੱਛਗਿੱਛ ਅਤੇ ਜਾਂਚ ਨੂੰ ਅੱਗੇ ਵਧਾਉਣ ਲਈ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਚਾਅ ਪੱਖ ਅਦਾਲਤੀ ਕਾਰਵਾਈ ਵਿੱਚ ਕਾਨੂੰਨੀ ਤਰੀਕੇ ਨਾਲ ਆਪਣਾ ਪੱਖ ਰੱਖ ਰਿਹਾ ਹੈ।
ਫਿਲਹਾਲ ਗੈਂਗਸਟਰ ਬਿੱਲਾ ਮਾਂਗਾ ਨੂੰ 06 ਦਿਨਾਂ ਦੇ ਨਵੇਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਹੁਣ ਜਾਂਚ ਏਜੰਸੀਆਂ ਇਸ ਦੌਰਾਨ ਹੋਰ ਮੁਲਜ਼ਮਾਂ, ਸਬੂਤਾਂ ਅਤੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਬਾਰੇ ਪੁੱਛਗਿੱਛ ਕਰਨਗੀਆਂ। ਰਿਮਾਂਡ ਦੀ ਮਿਆਦ ਪੂਰੀ ਹੋਣ ਉਪਰੰਤ ਮੁਲਜ਼ਮ ਨੂੰ ਇੱਕ ਵਾਰ ਫਿਰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਜਾਂਚ 'ਤੇ ਸਭ ਦੀ ਨਜ਼ਰ ਬਣੀ ਹੋਈ ਹੈ।
