ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਇੱਕ ਮਹੀਨੇ ਲਈ ਮੁਲਤਵੀ ਕੀਤੀ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮ੍ਰਿਤਕ ਦਲਜੀਤ ਸਿੰਘ ਦੇ ਮਾਮਲੇ ਵਿੱਚ ਸੂਬਾ ਸਰਕਾਰ ਨੂੰ ਏਮਜ਼ (AIIMS) ਬਠਿੰਡਾ ਅਤੇ ਪੀਜੀਆਈ (PGI) ਚੰਡੀਗੜ੍ਹ ਵੱਲੋਂ ਤਿਆਰ ਪੋਸਟਮਾਰਟਮ ਤੇ ਵਿਸਰਾ ਰਿਪੋਰਟ ਅਗਲੀ ਤਰੀਕ 'ਤੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤੀ ਹੈ।
ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਅਤੇ ਮਾਤਾ ਵੱਲੋਂ ਹਾਈ ਕੋਰਟ ਦੇ 3 ਨਵੰਬਰ 2026 ਦੇ ਹੁਕਮਾਂ ਵਿੱਚ ਸੋਧ ਲਈ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮ੍ਰਿਤਕ ਦੀ ਦੇਹ ਦਾ ਅੰਤਿਮ ਸਸਕਾਰ ਮਾਨਸਾ ਸਥਿਤ ਉਸ ਦੇ ਜੱਦੀ ਪਿੰਡ ਵਿੱਚ ਕਰਨ ਦੀ ਇਜਾਜ਼ਤ ਮੰਗੀ ਗਈ ਸੀ।
ਅੱਜ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੰਜੇ ਵਸ਼ਿਸ਼ਠ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਚੰਚਲ ਸਿੰਗਲਾ ਨੇ ਅਦਾਲਤ ਨੂੰ ਦੱਸਿਆ ਕਿ ਮ੍ਰਿਤਕ ਦਾ ਸਸਕਾਰ ਉਸ ਦੇ ਜੱਦੀ ਪਿੰਡ ਮਾਨਸਾ ਵਿਖੇ ਸ਼ਾਂਤੀਪੂਰਵਕ ਢੰਗ ਨਾਲ ਕਰ ਦਿੱਤਾ ਗਿਆ ਹੈ।
ਇਸ ਜਾਣਕਾਰੀ ਮਗਰੋਂ ਬੈਂਚ ਨੇ ਸਰਕਾਰੀ ਵਕੀਲ ਨੂੰ ਪੋਸਟਮਾਰਟਮ ਅਤੇ ਵਿਸਰਾ ਰਿਪੋਰਟ ਅਗਲੀ ਸੁਣਵਾਈ 'ਤੇ ਅਦਾਲਤ ਵਿੱਚ ਦਾਖ਼ਲ ਕਰਨ ਦੇ ਆਦੇਸ਼ ਦਿੱਤੇ। ਇਸ ਮਾਮਲੇ ਵਿੱਚ ਪਟੀਸ਼ਨਰਾਂ ਵੱਲੋਂ ਐਡਵੋਕੇਟ ਬਲਤੇਜ ਸਿੰਘ ਸਿੱਧੂ ਪੇਸ਼ ਹੋਏ।
