ਮਾਪਿਆਂ ਅਤੇ ਅਧਿਆਪਕਾਂ ਨੂੰ ਦਿੱਤੀਆਂ ਵਧਾਈਆਂ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਜਮਾਤ ਵਿੱਚ ਟਾਪ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਤਿੰਨਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਮੁੱਖ ਮੰਤਰੀ ਨਿਵਾਸ 'ਤੇ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਜਾਣਿਆ। ਫਿਰ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਹ ਆਪਣੇ ਆਪ ਵਿੱਚ ਇੱਕ ਨਵੀਂ ਪਹਿਲ ਹੈ। ਇਨ੍ਹਾਂ ਬੱਚਿਆਂ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਪਹਿਲਾਂ ਹੀ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਿੱਖਿਆ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਮੁਲਾਕਾਤ ਦੌਰਾਨ, ਮੁੱਖ ਮੰਤਰੀ ਨੇ ਹਰੇਕ ਬੱਚੇ ਦੇ ਤਜਰਬਿਆਂ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਇਸ ਤਰ੍ਹਾਂ ਅੱਵਲ ਆਉਣ ਲਈ ਪ੍ਰੇਰਿਆ। ਮੁੱਖ ਮੰਤਰੀ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ X 'ਤੇ ਲਿਖਿਆ ਕਿ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ 'ਚੋਂ ਅੱਵਲ ਰਹਿਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਖ਼ਾਸ ਮੌਕੇ 'ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਦਿਲੋਂ ਵਧਾਈਆਂ ਦਿੱਤੀਆਂ।
ਇਸ ਵਾਰ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਕ ਭੱਠੇ 'ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਹਾਸਲ ਕੀਤਾ ਹੈ, ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਕ੍ਰਮਵਾਰ ਟਾਈਲਾਂ ਦੀ ਦੁਕਾਨ ਚਲਾਉਣ ਵਾਲੇ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ ਹੈ। ਇਹ ਨਤੀਜੇ ਸਾਫ਼ ਦਰਸਾਉਂਦੇ ਹਨ ਕਿ ਆਮ ਅਤੇ ਸਧਾਰਨ ਪਰਿਵਾਰਾਂ ਦੇ ਬੱਚੇ ਹੁਣ ਸਿੱਖਿਆ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰ ਰਹੇ ਹਨ। ਇਨ੍ਹਾਂ ਬੱਚਿਆਂ ਦਾ ਆਤਮ-ਵਿਸ਼ਵਾਸ, ਮਿਹਨਤ ਅਤੇ ਲਗਨ ਵੇਖ ਕੇ ਬੇਹੱਦ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ।
ਸਾਡੀ ਸਰਕਾਰ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਬੁਲੰਦੀਆਂ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਿਆਰੀ ਸਿੱਖਿਆ, ਆਧੁਨਿਕ ਸਕੂਲ ਅਤੇ ਇੱਕ ਪ੍ਰੇਰਣਾਦਾਇਕ ਮਾਹੌਲ ਸਿਰਜਣ ਲਈ ਅਸੀਂ ਲਗਾਤਾਰ ਯਤਨਸ਼ੀਲ ਹਾਂ।
