ਜ਼ਖ਼ਮੀ ਸਰਪੰਚ ਅਤੇ ਉਨ੍ਹਾਂ ਦਾ ਸਾਥੀ ਦਾ ਚੰਡੀਗੜ੍ਹ ਦੇ GMCH-32 ’ਚ ਦਾਖ਼ਲ
ਅਮਲੋਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਇੱਕ ਹੋਰ ਸਰਪੰਚ ’ਤੇ ਜਾਨਲੇਵਾ ਹਮਲੇ ਦੀ ਖਬਰ ਸਾਹਮਣੇ ਆਈ ਹੈ । ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਅਧੀਨ ਪੈਂਦੇ ਪਿੰਡ ਸ਼ਾਹਪੁਰ ਦੇ ਸਰਪੰਚ ਡਾ. ਜਸਵਿੰਦਰ ਸਿੰਘ ’ਤੇ ਸਵੇਰੇ ਸਮੇਂ ਨਕਾਬਪੋਸ਼ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਤਲਵਾਰਾਂ ਨਾਲ ਲੈਸ ਹੋ ਕੇ ਕਲੀਨਿਕ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੇ ਸਰਪੰਚ ਡਾ. ਜਸਵਿੰਦਰ ਸਿੰਘ ’ਤੇ ਤਾਬੜਤੋੜ ਵਾਰ ਕੀਤੇ । ਇਸ ਦੌਰਾਨ ਸਰਪੰਚ ਦੇ ਇੱਕ ਸਾਥੀ ਨੂੰ ਵੀ ਜ਼ਖਮੀ ਕੀਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜੋ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ।
ਜ਼ਖਮੀ ਹਾਲਤ ਵਿੱਚ ਸਰਪੰਚ ਅਤੇ ਉਨ੍ਹਾਂ ਦੇ ਸਾਥੀ ਨੂੰ ਪਹਿਲਾਂ ਅਮਲੋਹ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਹੋਰ ਇਲਾਜ ਲਈ ਸੈਕਟਰ 32 ਚੰਡੀਗੜ੍ਹ ਰੈਫਰ ਕਰ ਦਿੱਤਾ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ । ਦੂਜੇ ਪਾਸੇ ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਸਰਪੰਚ ਲਗਾਤਾਰ ਇਲਾਕੇ ਵਿੱਚ ਨਸ਼ਿਆਂ ਦੇ ਵਿਰੋਧ ’ਚ ਆਵਾਜ਼ ਉਠਾਉਂਦੇ ਆ ਰਹੇ ਸਨ, ਜਿਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਦੇ ਤਹਿਤ ਇਹ ਹਮਲਾ ਕੀਤਾ ਗਿਆ ਹੋ ਸਕਦਾ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ।
