ਹੋਰ ਮਾਮਲਿਆਂ ’ਚ ਸਜ਼ਾ ਦੇ ਚਲਦੇ ਅਬਦੁੱਲਾ ਆਜਮ ਨੂੰ ਨਹੀਂ ਮਿਲੇਗੀ ਰਿਹਾਈ
ਲਖਨਊ: ਸਮਾਜਵਾਦੀ ਪਾਰਟੀ ਦੇ ਸਾਬਕਾ ਮੰਤਰੀ ਆਜ਼ਮ ਖਾਨ ਦੇ ਪੁੱਤਰ ਅਬਦੁੱਲਾ ਆਜ਼ਮ ਖਾਨ ਨੂੰ ਦੋ ਪਾਸਪੋਰਟ ਮਾਮਲੇ ਵਿੱਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਐਮਪੀ/ਐਮਐਲਏ ਸੈਸ਼ਨ ਕੋਰਟ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਸੁਣਾਈ ਗਈ 7 ਸਾਲ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਦੀ ਅਪੀਲ ਸਵੀਕਾਰ ਕਰਦੇ ਹੋਏ ਪਹਿਲਾਂ ਦਿੱਤੇ ਗਏ ਫੈਸਲੇ ਨੂੰ ਖਾਰਜ ਕਰ ਦਿੱਤਾ। ਇਹ ਮਾਮਲਾ ਭਾਜਪਾ ਵਿਧਾਇਕ ਆਕਾਸ਼ ਸਕਸੈਨਾ ਵੱਲੋਂ 30 ਜੁਲਾਈ 2019 ਨੂੰ ਰਾਮਪੁਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਦਰਜ ਕਰਵਾਏ ਗਏ ਮੁਕੱਦਮੇ ਨਾਲ ਜੁੜਿਆ ਹੋਇਆ ਹੈ।
ਇਸ ਮਾਮਲੇ ਵਿੱਚ ਅਦਾਲਤ ਨੇ 5 ਦਸੰਬਰ 2025 ਨੂੰ ਉਨ੍ਹਾਂ ਨੂੰ 7 ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖ਼ਿਲਾਫ਼ ਅਬਦੁੱਲਾ ਆਜ਼ਮ ਖਾਨ ਨੇ ਐਮਪੀ/ਐਮਐਲਏ ਸੈਸ਼ਨ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ, ਜਿਸ 'ਤੇ 25 ਮਈ ਨੂੰ ਬਹਿਸ ਪੂਰੀ ਹੋ ਚੁੱਕੀ ਸੀ। ਸ਼ੁੱਕਰਵਾਰ ਨੂੰ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਦੀ ਅਪੀਲ ਸਵੀਕਾਰ ਕਰ ਲਈ ਅਤੇ ਸਜ਼ਾ ਨੂੰ ਰੱਦ ਕਰ ਦਿੱਤਾ। ਹਾਲਾਂਕਿ, ਅਬਦੁੱਲਾ ਆਜ਼ਮ ਖਾਨ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਗੇ ਕਿਉਂਕਿ ਉਨ੍ਹਾਂ ਦੇ ਖ਼ਿਲਾਫ਼ ਕੁਝ ਹੋਰ ਮਾਮਲੇ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹਨ, ਜਿਨ੍ਹਾਂ 'ਤੇ ਸੁਣਵਾਈ ਜਾਰੀ ਹੈ।
