ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਪਰਿਕਰਮਾ ਨੂੰ 50 ਕੁਇੰਟਲ ਤੋਂ ਵੱਧ ਦੇਸੀ ਵਿਦੇਸ਼ੀ ਖੂਬਸੂਰਤ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਹੋਇਆਂ ਸੰਗਤਾਂ ਨੇ ਕਿਹਾ ਕਿ ਪੰਜਵੇਂ ਗੁਰੂ ਅਰਜਨ ਦੇਵ ਜੀ ਵੱਲੋਂ 1604 ਈਸਵੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਗਿਆ ਸੀ ਅਤੇ ਬਾਬਾ ਬੁੱਢਾ ਜੀ ਨੂੰ ਪਹਿਲਾ ਹੈਡ ਗ੍ਰੰਥੀ ਲਗਾਇਆ ਗਿਆ ਸੀ ਜਿਨ੍ਹਾਂ ਨੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਜੀ ਤੋਂ ਪਾਵਨ ਹੁਕਮਨਾਮਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸੰਗਤਾਂ ਨੇ ਕਿਹਾ ਕਿ ਉਹਨਾਂ ਨੂੰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਕੇ ਬਹੁਤ ਜ਼ਿਆਦਾ ਆਨੰਦ ਮਹਿਸੂਸ ਹੋ ਰਿਹਾ। ਇੱਕ ਪਾਸੇ ਤਾਂ ਫੁੱਲਾਂ ਦੀ ਭਿੰਨੀ ਖੁਸ਼ਬੋ ਅਤੇ ਦੂਸਰੇ ਪਾਸੇ ਇਲਾਹੀ ਬਾਣੀ ਦਾ ਪ੍ਰਵਾਹ ਸੰਗਤਾਂ ਨੂੰ ਮੰਤਰ ਮੁਗਧ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰਤਾ ਗੱਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੌਂਪ ਕੇ ਜਦੋਂ ਸੱਚਖੰਡ ਸਾਹਿਬ ਵੱਲ ਨੂੰ ਚਾਲੇ ਪਾਏ ਤਾਂ ਉਹਨਾਂ ਨੇ ਆਪਣੇ ਮੁੱਖੋਂ ਉਚਾਰਿਆ ਸੀ ਕਿ ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ। ਇਸ ਕਰਕੇ ਸਾਨੂੰ ਕਿਸੇ ਵੀ ਦੇਹਧਾਰੀ ਗੁਰੂ ਅੱਗੇ ਆਪਣਾ ਸੀਸ ਨਹੀਂ ਝੁਕਾਉਣਾ ਚਾਹੀਦਾ। ਹਰ ਸਿੱਖ ਦਾ ਸੀਸ ਸਿਰਫ਼ ਤੇ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅੱਗੇ ਝੁਕਾਉਣਾ ਚਾਹੀਦਾ ਹੈ।
